Amrit Vele Da Hukamnama Gurdwara Sri Guru Singh Sabha C Block Hari Nagar – 4-8-24

ਸੋਰਠਿ ਮਹਲਾ ੯ ॥
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

About the Author

You may also like these