ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨੑਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਪੰਨਾ 761}
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ।੧।ਰਹਾਉ।
ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧।
ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ।੨।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ।੩।
ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।੪।