ਸੂਹੀ ਮਹਲਾ ੫ ॥
ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ {ਪੰਨਾ 778}
ਅਰਥ: ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ (ਉਸ ਦੀ ਮਿਹਰ ਨਾਲ) ਗੁਰੂ ਨੇ ਮਿਹਰਵਾਨ ਹੋ ਕੇ ਮੈਨੂੰ ਉਸ ਦੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ। ਮੈਂ ਉਸ ਪ੍ਰਭੂ ਤੋਂ ਕੁਰਬਾਨ ਹਾਂ, ਉਸ ਦੇ ਘਰ ਵਿਚ ਹਰੇਕ ਪਦਾਰਥ ਮੌਜੂਦ ਹੈ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਉਸ ਦੇ ਘਰ ਵਿਚ) ਖ਼ਜ਼ਾਨੇ ਭਰੇ ਪਏ ਹਨ।
ਹੇ ਭਾਈ! ਮੇਰਾ ਪ੍ਰਭੂ-ਪਿਤਾ ਬੜੀਆਂ ਤਾਕਤਾਂ ਦਾ ਮਾਲਕ ਹੈ, ਉਹ ਪ੍ਰਭੂ ਹਰੇਕ ਸਬਬ ਬਣਾ ਸਕਣ ਵਾਲਾ ਹੈ। (ਉਹ ਐਸਾ ਹੈ) ਜਿਸ ਦਾ ਨਾਮ ਸਿਮਰਦਿਆਂ ਕੋਈ ਦੁੱਖ ਪੋਹ ਨਹੀਂ ਸਕਦਾ, (ਉਸ ਦਾ ਨਾਮ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।
ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ (ਉਹ ਪ੍ਰਭੂ ਆਪਣੇ) ਭਗਤਾਂ ਦਾ ਰਾਖਾ (ਚਲਿਆ ਆ ਰਿਹਾ) ਹੈ। ਉਸ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਨਾਨਕ! (ਆਖ-ਹੇ ਭਾਈ! ਉਸ ਦਾ) ਨਾਮ ਮਿੱਠਾ ਹੈ, (ਸਭ ਰਸਾਂ ਨਾਲੋਂ) ਵੱਡਾ ਰਸ ਹੈ ਮੈਂ ਤਾਂ ਹਰ ਵੇਲੇ (ਉਹ ਨਾਮ ਰਸ ਆਪਣੇ) ਮਨ ਦੀ ਰਾਹੀਂ ਗਿਆਨ-ਇੰਦ੍ਰਿਆਂ ਦੀ ਰਾਹੀਂ ਪੀਂਦਾ ਰਹਿੰਦਾ ਹਾਂ।੧।