ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ {ਪੰਨਾ 567}
ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧।



