ਸੋਰਠਿ ਮਹਲਾ ੪ ਪੰਚਪਦਾ ॥
ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ {ਪੰਨਾ 607}
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।
ਜ਼ਰੂਰੀ ਨੋਟ: ਇਸ ਰਾਗ ਵਿਚ ਦੇ ਗੁਰੂ ਨਾਨਕ ਦੇਵ ਜੀ ਦੇ ਸਾਰੇ ਹੀ ਸ਼ਬਦਾਂ ਵਿਚ ‘ਰਹਾਉ’ ਦੀਆਂ ਤੁਕਾਂ ਨਾਲ ਲਫ਼ਜ਼ ਸਿਰਫ਼ “ਰਹਾਉ” ਹੈ, “੧।ਰਹਾਉ” ਨਹੀਂ। ਇਹੀ ਸਮਾਨਤਾ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸ਼ਬਦਾਂ ਵਿਚ ਮਿਲਦੀ ਹੈ। ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਇਹਨਾਂ ਪਾਸ ਮੌਜੂਦ ਸੀ।