ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ {ਪੰਨਾ 769-770}
ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।
ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।